ਇਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ
ਚੰਡੀਗੜ੍ਹ:28 ਦਸੰਬਰ 2022:(ਕਾਮਰੇਡ ਸਕਰੀਨ ਡੈਸਕ)::
|
ਕਾਮਰੇਡ ਸੇਖੋਂ ਦੀ ਫਾਈਲ ਫੋਟੋ |
ਭਾਈ ਲਾਲੋਆਂ ਦਾ ਸਾਥ ਦੇਣ ਵਾਲੀ ਅਤੇ ਔਰੰਗੇਜ਼ਬੀ ਸੋਚ ਦੇ ਖਿਲਾਫ ਹਮੇਸ਼ਾ ਡਟਣ ਵਾਲੀ ਕਮਿਊਨਿਸਟ ਲਹਿਰ ਅੱਜ ਵੀ ਸਿੱਖ ਪੰਥ ਦੇ ਉਹਨਾਂ ਮਹਾਨ ਸ਼ਹੀਦਾਂ ਨੂੰ ਸਲਾਮ ਕਰਦੀ ਹੈ ਜਿਹਨਾਂ ਨੇ ਜਬਰ ਜ਼ੁਲਮ ਦੇ ਖਿਲਾਫ ਕੀਤੇ ਗਏ ਮਹਾਨ ਸੰਘਰਸ਼ਾਂ ਦੌਰਾਨ ਆਪਣੀ ਜਾਨ ਤਾਂ ਕੁਰਬਾਨ ਕੀਤੀ ਪਰ ਜਾਬਰਾਂ ਦੀ ਈਨ ਨਹੀਂ ਮੰਨੀ।
ਸੀ ਪੀ ਆਈ ਐਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ। ਅੱਜ ਵੀ ਉਹਨਾਂ ਸ਼ਹੀਦਾਂ ਦੀਆਂ ਗਾਥਾਵਾਂ ਸਾਨੂੰ ਹਰ ਪਲ ਦਿਲਾਂ ਵਿੱਚ ਵਸਾਉਣ ਦੀ ਲੋੜ ਹੈ। ਕਾਮਰੇਡ ਸੇਖੋਂ ਨੇ ਉਹਨਾਂ ਨਾਜ਼ੁਕ ਵੇਲਿਆਂ ਦੀ ਚਰਚਾ ਕਰਦਿਆਂ ਕਿਹਾ ਅੱਜ ਵੀ ਸਾਨੂੰ ਉਹਨਾਂ ਮਹਾਨ ਸ਼ਹੀਦਾਂ ਦੀ ਸੋਚ 'ਤੇ ਇੱਕ ਵਾਰ ਫਿਰ ਪਹਿਰਾ ਦੇਣ ਦੀ ਲੋੜ ਹੈ।
ਸਰਹਿੰਦ ਦੀਆਂ ਨੀਂਹਾਂ ਵਾਲੇ ਖੂਨੀ ਸਾਕੇ ਦੀ ਯਾਦ ਤਾਜ਼ਾ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜ਼ਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਣਾ ਦੇਂਦੀ ਰਹੇਗੀ।
ਉਨ੍ਹਾਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰਕੇ ਸੂਬਾ-ਸਰਹਿੰਦ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਬਹਾਦਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ।
ਕਾਮਰੇਡ ਸੇਖੋਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਮੁਗਲ ਹਕੂਮਤ ਦੇ ਜੁਲਮਾਂ ਅੱਗੇ ਝੁਕਣ ਦੀ ਬਜਾਏ ਸ਼ਹਾਦਤ ਦੇਣ ਨੂੰ ਠੀਕ ਸਮਝਿਆ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਕੁਰਬਾਨੀ ਮਨੁੱਖਤਾ ਦੇ ਇਤਿਹਾਸ ’ਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਅਦੁੱਤੀ ਕੁਰਬਾਨੀ ’ਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ ਸਗੋਂ ਦੁਨੀਆ ਦੇ ਕੋਨੇ ਕੋਨੇ ’ਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਬੱਚਿਆ ਨੂੰ ਦਸਮੇਸ਼ ਪਿਤਾ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਈਏ, ਜਿਨ੍ਹਾਂ ਨੇ ਛੋਟੀਆਂ ਉਮਰਾਂ ’ਚ ਹੀ ਵੱਡੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਜਬਰ-ਜ਼ੁਲਮ ਦਾ ਟਾਕਰਾ ਕਰਦਿਆਂ ਪੂਰਾ ਪਰਿਵਾਰ ਵਾਰ ਦਿੱਤਾ।
ਕਮਿਊਨਿਸਟ ਲਹਿਰ ਅਤੇ ਸਿੱਖ ਲਹਿਰ ਦਰਮਿਆਨ ਇੱਕ ਵਾਰ ਫੇਰ ਵੱਧ ਰਹੀ ਇਹ ਨੇੜਤਾ ਨਿਸਚੇ ਹੀ ਇੱਕ ਨਵਾਂ ਇਤਿਹਾਸ ਰਚੇਗੀ।
ਸਮਾਜਿਕ ਚੇਤਨਾ ਅਤੇ ਜਨ ਸਰੋਕਾਰਾਂ ਨਾਲ ਜੁੜੇ ਹੋਏ ਬਲਾਗ ਮੀਡੀਆ ਨੂੰ ਜਾਰੀ ਰੱਖਣ ਵਿੱਚ ਸਹਿਯੋਗੀ ਬਣੋ। ਜੋ ਵੀ ਰਕਮ ਤੁਸੀਂ ਹਰ ਰੋਜ਼, ਹਰ ਹਫਤੇ, ਹਰ ਮਹੀਨੇ ਜਾਂ ਕਦੇ ਕਦਾਈਂ ਇਸ ਸ਼ੁਭ ਕੰਮ ਲਈ ਕੱਢ ਸਕਦੇ ਹੋ ਉਹ ਜ਼ਰੂਰ ਕੱਢੋ। ਹੇਠਲੇ ਬਟਨ 'ਤੇ ਕਲਿੱਕ ਕਰ ਕੇ ਤੁਸੀਂ ਸਹਿਜੇ ਹੀ ਅਜਿਹਾ ਕਰ ਸਕਦੇ ਹੋ।
No comments:
Post a Comment